ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਪੰਜਾਬ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿਚ ਨੌਜਵਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ ਅਤੇ 1000 ਦੇ ਕਰੀਬ ਨਵੀਆਂ ਨੌਕਰੀਆਂ ਦੇਣ ਦਾ ਐਲਾਨ ਕੀਤਾ ਗਿਆ। ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਕੈਬਨਿਟ ਮੰਤਰੀ ਹਰਪਾਲ ਚੀਮਾ ਅਤੇ ਅਮਨ ਅਰੋੜਾ ਨੇ ਸਾਂਝੇ ਤੌਰ ‘ਤੇ ਸੰਬੋਧਨ ਕੀਤਾ।
ਅਮਨ ਅਰੋੜਾ ਨੇ ਕਿਹਾ ਕਿ ਜਦੋਂ ਤੋਂ ਭਗਵੰਤ ਮਾਨ ਦੀ ਸਰਕਾਰ ਬਣੀ ਹੈ, ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਸਿਲਸਿਲਾ ਜਾਰੀ ਹੈ। ਇਸ ਤਹਿਤ ਹੁਣ ਤੱਕ ਸਾਢੇ 37 ਹਜ਼ਾਰ ਤੋਂ ਵੱਧ ਨੌਜਵਾਨ ਲੜਕੇ-ਲੜਕੀਆਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਅੱਜ ਵੱਖ-ਵੱਖ ਵਿਭਾਗਾਂ ਦੀਆਂ ਨੌਕਰੀਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ, ਪੰਜਾਬ ਸਿਵਲ ਸਕੱਤਰੇਤ ਵਿੱਚ ਕਲਰਕ ਦੀਆਂ 106 ਨਵੀਆਂ ਅਸਾਮੀਆਂ ਭਰਨ ਦਾ ਫੈਸਲਾ ਲਿਆ ਗਿਆ। ਇਸੇ ਤਰ੍ਹਾਂ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਵਿੱਚ 440 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਕੁਲ ਮਿਲਾ ਕੇ 1000 ਦੇ ਕਰੀਬ ਨਵੇਂ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀਆਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਜੇ ਪੰਜਾਬ ਦੇ 3.5 ਕਰੋੜ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨੀਆਂ ਹਨ ਤਾਂ ਇਸ ਲਈ ਮੁਲਾਜ਼ਮਾਂ ਦੀ ਲੋੜ ਹੈ। ਵੱਖ-ਵੱਖ ਵਿਭਾਗਾਂ ਵਿੱਚ ਲੰਮੇ ਸਮੇਂ ਤੋਂ ਅਸਾਮੀਆਂ ਖਾਲੀ ਪਈਆਂ ਸਨ, ਜਿਸ ਕਾਰਨ ਕੰਮ ਪ੍ਰਭਾਵਿਤ ਹੋ ਰਿਹਾ ਹੈ।